Punjab CM Mann defends his stand on controversial video case, face-to-face question-and-answer session…
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਦੀ ਪੇਸ਼ੀ ਦੀ ਇੱਕ ਵੀਡੀਓ ਜਨਤਕ ਕੀਤੀ ਹੈ। ਇਸ ਵੀਡੀਓ ਵਿੱਚ ਮੁੱਖ ਮੰਤਰੀ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਚਕਾਰ ਕਥਿਤ ਵਿਵਾਦਪੂਰਨ ਵੀਡੀਓ ਸਬੰਧੀ ਸਵਾਲ-ਜਵਾਬਾਂ ਦੇ ਆਦਾਨ-ਪ੍ਰਦਾਨ ਦਾ ਖੁਲਾਸਾ ਹੋਇਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੂੰ 15 ਜਨਵਰੀ, 2026 ਨੂੰ ਤਲਬ ਕੀਤਾ ਗਿਆ ਸੀ।
ਜਾਣੋ ਕੀ ਹੈ ਪੂਰਾ ਮਾਮਲਾ?
ਜਨਤਕ ਕੀਤੀ ਗਈ ਇਸ ਵੀਡੀਓ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਚਕਾਰ ਹੋਏ ਸਵਾਲ-ਜਵਾਬ ਸਾਫ਼ ਸੁਣੇ ਜਾ ਸਕਦੇ ਹਨ। ਇਸ ਦੌਰਾਨ ਮੁੱਖ ਮੰਤਰੀ ਨੇ ਆਪਣੇ ਉੱਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਆਪਣਾ ਪੱਖ ਰੱਖਦੇ ਹੋਏ ਨਜ਼ਰ ਆ ਰਹੇ ਹਨ।
CM ਮਾਨ ਬੋਲੇ
ਪੇਸ਼ੀ ਦੌਰਾਨ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸੋਸ਼ਲ ਮੀਡੀਆ ‘ਤੇ ਜੋ ਵੀਡੀਓ ਵਾਇਰਲ ਹੋ ਰਹੀ ਹੈ, ਉਹ ਬਿਲਕੁਲ ਫਰਜ਼ੀ ਹੈ। ਉਨ੍ਹਾਂ ਕਿਹਾ ਕਿ ਇਹ ਵੀਡੀਓ ਪੂਰੀ ਤਰ੍ਹਾਂ ਨਕਲੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅੱਜ ਦੇ ਦੌਰ ਵਿੱਚ ਕਿਸੇ ਵੀ ਵਿਅਕਤੀ ਦੀ ਨਕਲੀ ਵੀਡੀਓ ਬਣਾ ਕੇ ਉਸਨੂੰ ਬਦਨਾਮ ਕਰਨਾ ਬਹੁਤ ਆਸਾਨ ਹੋ ਗਿਆ ਹੈ। ਇਸ ਲਈ ਉਨ੍ਹਾਂ ਨੇ ਇਸ ਪੂਰੇ ਮਾਮਲੇ ਦੀ ਵਿਗਿਆਨਕ ਅਤੇ ਡੂੰਘਾਈ ਨਾਲ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।
ਜਥੇਦਾਰ ਤੇ CM ਮਾਨ ਵਿਚਾਲੇ ਆਹਮੋ-ਸਾਹਮਣੇ ਹੋਏ ਸਵਾਲ-ਜਵਾਬ
ਇਸ ਦੌਰਾਨ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੇਸ਼ੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਿਚਕਾਰ ਵਿਵਾਦਿਤ ਵੀਡੀਓ ਨੂੰ ਲੈ ਕੇ ਹੋਈ ਗੱਲਬਾਤ ਵਿੱਚ ਮੁੱਖ ਮੰਤਰੀ ਨੇ ਵੀਡੀਓ ਨੂੰ ਪੂਰੀ ਤਰ੍ਹਾਂ ਨਕਲੀ ਅਤੇ ਏ.ਆਈ. (AI) ਦੀ ਦੇਣ ਦੱਸਿਆ। ਜਥੇਦਾਰ ਨੇ ਸਪੱਸ਼ਟ ਕੀਤਾ ਕਿ ਮਾਮਲਾ ਗੁਰੂ ਸਾਹਿਬ ਦੇ ਸਤਿਕਾਰ ਨਾਲ ਜੁੜਿਆ ਹੋਇਆ ਹੈ, ਇਸ ਲਈ ਇਸਦੀ ਫੋਰੈਂਸਿਕ ਜਾਂਚ ਜ਼ਰੂਰੀ ਹੈ। ਜਥੇਦਾਰ ਨੇ ਮੁੱਖ ਮੰਤਰੀ ਨੂੰ ਦੋ ਅਜਿਹੀਆਂ ਲੈਬਾਂ ਦੇ ਨਾਮ ਦੱਸਣ ਲਈ ਕਿਹਾ ਜਿੱਥੋਂ ਇਸ ਵੀਡੀਓ ਦੀ ਨਿਰਪੱਖ ਜਾਂਚ ਕਰਵਾਈ ਜਾ ਸਕੇ।
ਹੁਣ ਇਸ ਮਾਮਲੇ ਵਿੱਚ ਫੋਰੈਂਸਿਕ ਜਾਂਚ ਅਤੇ ਉਸ ਦੇ ਨਤੀਜਿਆਂ ਨੂੰ ਲੈ ਕੇ ਸਿਆਸੀ ਅਤੇ ਧਾਰਮਿਕ ਹਲਕਿਆਂ ਦੀ ਨਜ਼ਰ ਟਿਕੀ ਹੋਈ ਹੈ।
ਮੁੱਖ ਮੰਤਰੀ ਨੇ ਜਾਂਚ ਲਈ ਸਹਿਮਤੀ ਦਿੰਦਿਆਂ ਕਿਹਾ ਕਿ ਉਹ ਖੁਦ ਚਾਹੁੰਦੇ ਹਨ ਕਿ ਸੱਚਾਈ ਸਾਹਮਣੇ ਆਵੇ, ਕਿਉਂਕਿ ਅੱਜ-ਕੱਲ੍ਹ ਤਕਨੀਕ ਦੀ ਦੁਰਵਰਤੋਂ ਕਰਕੇ ਕਿਸੇ ਦੀ ਵੀ ਫਰਜ਼ੀ ਵੀਡੀਓ ਬਣਾਈ ਜਾ ਸਕਦੀ ਹੈ। ਉਨ੍ਹਾਂ ਇਹ ਵੀ ਦਲੀਲ ਦਿੱਤੀ ਕਿ ਵੀਡੀਓ ਵਿੱਚ ਦਿਖਾਈ ਗਈ ਜਗ੍ਹਾ ਇੱਕ ਹੋਟਲ ਦਾ ਕਮਰਾ ਹੈ, ਜਿੱਥੇ ਗੁਰੂ ਸਾਹਿਬ ਦੀ ਤਸਵੀਰ ਹੋਣਾ ਸੰਭਵ ਨਹੀਂ ਹੈ। ਅੰਤ ਵਿੱਚ, ਜਥੇਦਾਰ ਨੇ ਜ਼ੋਰ ਦਿੱਤਾ ਕਿ ਪੰਥ ਅਤੇ ਪੰਜਾਬ ਪ੍ਰਤੀ ਵਫ਼ਾਦਾਰੀ ਸਭ ਤੋਂ ਉੱਪਰ ਹੈ ਅਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਇਸ ਵੀਡੀਓ ਨੂੰ ਜਨਤਕ ਕੀਤੇ ਜਾਣ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਮੁੜ ਚਰਚਾ ਛਿੜ ਗਈ ਹੈ।
