ਚੰਡੀਗੜ੍ਹ 23 ਜੁਲਾਈ (ਰਾਮ ਸਿੰਘ ਅਜ਼ਾਦ ਬਿਊਰੋ ਚੀਫ) ਇੰਡੀਅਨ ਨਿਊਜ਼: ਪੰਜਾਬ ਵਿੱਚ ਵਾਰ-ਵਾਰ ਸਾਹਮਣੇ ਆ ਰਹੇ ਪੇਪਰ ਲੀਕ ਦੇ ਮਾਮਲਿਆਂ ਨੂੰ ਲੈ ਕੇ ਸਿਆਸੀ ਮਾਹੌਲ ਗਰਮ ਹੋ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਗਰੁੱਪ-ਬੀ ਭਰਤੀ ਪ੍ਰੀਖਿਆ, 12ਵੀਂ ਜਮਾਤ ਦੀ ਅੰਗਰੇਜ਼ੀ ਪ੍ਰੀਖਿਆ, PSTET ਅਤੇ ਫਾਰਮਾਸਿਸਟ ਭਰਤੀ ਪ੍ਰੀਖਿਆ ਸਮੇਤ ਕਈ ਵੱਡੇ ਪੇਪਰ ਲੀਕ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਵਿੱਚ ਨਾ ਤਾਂ ਪ੍ਰਭਾਵਸ਼ਾਲੀ ਜਾਂਚ ਹੋਈ ਹੈ ਅਤੇ ਨਾ ਹੀ ਕਿਸੇ ਦੀ ਜਵਾਬਦੇਹੀ ਤੈਅ ਕੀਤੀ ਗਈ ਹੈ ਵੜਿੰਗ ਨੇ ਕਿਹਾ ਕਿ ਜਿਵੇਂ NEET ਪੇਪਰ ਲੀਕ ਮਾਮਲੇ ਵਿੱਚ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਜਾ ਰਿਹਾ ਹੈ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਨੌਜਵਾਨ ਜਵਾਬਦੇਹੀ ਦੇ ਹੱਕਦਾਰ ਹਨ, ਬਹਾਨਿਆਂ ਦੇ ਨਹੀਂ।” ਇਸ ਮਾਮਲੇ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਗਾਇਆ ਕਿ ਪੇਪਰ ਲੀਕ ਕਾਰਨ ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿੱਚ ਪੈ ਰਿਹਾ ਹੈ ਅਤੇ ਸਰਕਾਰ ਨੂੰ ਪੂਰੀ ਪਾਰਦਰਸ਼ਤਾ ਨਾਲ ਕਾਰਵਾਈ ਕਰਨੀ ਚਾਹੀਦੀ ਹੈ।ਫਿਲਹਾਲ ਪੰਜਾਬ ਸਰਕਾਰ ਵੱਲੋਂ ਵਿਰੋਧੀ ਧਿਰ ਦੇ ਇਨ੍ਹਾਂ ਦੋਸ਼ਾਂ ਦਾ ਜਵਾਬ ਦਿੱਤਾ ਜਾਣਾ ਬਾਕੀ ਹੈ। ਮਾਮਲੇ ਨੂੰ ਲੈ ਕੇ ਸਿਆਸੀ ਤਣਾਅ ਲਗਾਤਾਰ ਵੱਧ ਰਿਹਾ ਹੈ।