
ਚੰਡੀਗੜ੍ਹ 26 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਮੋਹਾਲੀ ਦੇ ਬਨੂਰ–ਲਾਂਡਰਾਂ ਰੋਡ ‘ਤੇ ਸ਼ਨੀਵਾਰ ਸ਼ਾਮ ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟੀਮ ਨਸ਼ਾ ਤਸਕਰਾਂ ਖ਼ਿਲਾਫ਼ ਨਾਕਾਬੰਦੀ ਅਤੇ ਚੈਕਿੰਗ ਮੁਹਿੰਮ ਚਲਾ ਰਹੀ ਸੀ। ਇਸ ਦੌਰਾਨ ਕੁਝ ਹਮਲਾਵਰਾਂ ਨੇ ਪੁਲਿਸ ਟੀਮ ‘ਤੇ ਅਚਾਨਕ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਗੋਲੀਆਂ ਚਲਾਈਆਂ ਅਤੇ ਤਲਵਾਰਾਂ ਨਾਲ ਵੀ ਵਾਰ ਕੀਤੇ, ਜਿਸ ਕਾਰਨ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।ਜ਼ਖ਼ਮੀ ਪੁਲਿਸ ਮੁਲਾਜ਼ਮਾਂ ਦੀ ਪਛਾਣ ਕਾਂਸਟੇਬਲ ਪਰਮਜੀਤ ਸਿੰਘ ਅਤੇ ਕਾਂਸਟੇਬਲ ਜਗਜੀਤ ਸਿੰਘ ਵਜੋਂ ਹੋਈ ਹੈ। ਦੋਵਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਡਾਕਟਰਾਂ ਦੇ ਅਨੁਸਾਰ ਦੋਵਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।ਘਟਨਾ ਤੋਂ ਬਾਅਦ ਮੋਹਾਲੀ ਪੁਲਿਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਹਮਲਾਵਰਾਂ ਦੀ ਭਾਲ ਲਈ ਵੱਡੇ ਪੱਧਰ ‘ਤੇ ਸਰਚ ਆਪਰੇਸ਼ਨ ਸ਼ੁਰੂ ਕੀਤਾ ਗਿਆ ਹੈ ਅਤੇ ਸੀਸੀਟੀਵੀ ਫੁਟੇਜ ਸਮੇਤ ਹੋਰ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ। ਪੰਜਾਬ ਪੁਲਿਸ ਨੇ ਕਿਹਾ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਪਹਿਲਾਂ ਵਾਂਗ ਹੀ ਜਾਰੀ ਰਹੇਗੀ ਅਤੇ ਅਜਿਹੇ ਹਮਲਿਆਂ ਨਾਲ ਕਾਰਵਾਈ ਨਹੀਂ ਰੁਕੇਗੀ। ਜਾਂਚ ਜਾਰੀ ਹੈ ਅਤੇ ਹਮਲੇ ਦੇ ਪਿੱਛੇ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ।