ਸੂਬੇ ਵਿੱਚ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ

ਚੰਡੀਗੜ੍ਹ 29 ਜੁਲਾਈ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਆਜ਼ਾਦੀ ਦਿਵਸ (15 ਅਗਸਤ) ਦੇ ਮੱਦੇਨਜ਼ਰ ਪੰਜਾਬ ਭਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਪੰਜਾਬ ਪੁਲਿਸ ਨੂੰ ਮਿਲੇ ਤਾਜ਼ਾ ਖੁਫੀਆ ਇਨਪੁੱਟਾਂ ਦੇ ਆਧਾਰ ‘ਤੇ ਸਰਹੱਦੀ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਚੌਕਸੀ ਵਧਾਈ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ISI ਵੱਲੋਂ ਅੱਤਵਾਦੀ ਅਤੇ ਅਸਥਿਰਤਾ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ, ਜਿਸ ਕਾਰਨ ਸੂਬੇ ਭਰ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਲੁਧਿਆਣਾ, ਮੋਹਾਲੀ ਅਤੇ ਚੰਡੀਗੜ੍ਹ ਨਾਲ ਲੱਗਦੇ ਇਲਾਕਿਆਂ ਵਿੱਚ ਨਾਕਾਬੰਦੀ ਵਧਾ ਦਿੱਤੀ ਗਈ ਹੈ। ਵਾਹਨਾਂ ਦੀ ਤਲਾਸ਼ੀ, ਸ਼ੱਕੀ ਵਿਅਕਤੀਆਂ ਦੀ ਜਾਂਚ ਅਤੇ ਭੀੜ-ਭਾੜ ਵਾਲੀਆਂ ਥਾਵਾਂ ‘ਤੇ ਪੁਲਿਸ ਦੀ ਤਾਇਨਾਤੀ ਵਧਾਈ ਗਈ ਹੈ। ਹਾਲ ਹੀ ਵਿੱਚ ਸੰਗਰੂਰ ਵਿੱਚ BJP ਦਫ਼ਤਰ ‘ਤੇ ਪੈਟਰੋਲ ਬੰਬ ਹਮਲੇ ਦੇ ਮਾਮਲੇ ਵਿੱਚ ਦੋ ਸ਼ੱਕੀ ਗ੍ਰਿਫ਼ਤਾਰ ਕੀਤੇ ਗਏ ਹਨ। ਜਾਂਚ ਕਰ ਰਹੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਵੱਡੀ ਸਾਜ਼ਿਸ਼ ਦਾ ਹਿੱਸਾ ਹੋ ਸਕਦਾ ਹੈ ਅਤੇ ਇਸ ਸਬੰਧੀ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਈ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਨਜ਼ਰ ਆਉਣ ‘ਤੇ ਤੁਰੰਤ ਪੁਲਿਸ ਕੰਟਰੋਲ ਰੂਮ ਨੂੰ ਸੂਚਿਤ ਕੀਤਾ ਜਾਵੇ। ਸੁਰੱਖਿਆ ਪ੍ਰਬੰਧਾਂ ਕਾਰਨ ਕੁਝ ਥਾਵਾਂ ‘ਤੇ ਟ੍ਰੈਫਿਕ ਡਾਈਵਰਜ਼ਨ ਅਤੇ ਵਾਧੂ ਚੈਕਿੰਗ ਹੋ ਸਕਦੀ ਹੈ, ਇਸ ਲਈ ਯਾਤਰਾ ਤੋਂ ਪਹਿਲਾਂ ਟ੍ਰੈਫਿਕ ਸਲਾਹ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ।

Leave a Comment