ਰਾਜਾ ਵੜਿੰਗ ਨੇ ਭਗਵੰਤ ਮਾਨ ਦੇ ਖਿਲਾਫ ਚੋਣ ਲੜਨ ਦੀ ਦਿੱਤੀ ਚੁਣੌਤੀ

ਚੰਡੀਗੜ੍ਹ 6 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਰਾਜਨੀਤਿਕ ਬਿਆਨ ਦਿੱਤਾ ਹੈ। ਫਰੀਦਕੋਟ ਵਿੱਚ ਇੱਕ ਪਾਰਟੀ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਜੇ ਪਾਰਟੀ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਦੀ ਹੈ, ਤਾਂ ਉਹ ਸਿੱਧੇ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਚੋਣ ਲੜਨਾ ਚਾਹੁੰਦੇ ਹਨ। ਰਾਜਾ ਵੜਿੰਗ ਨੇ ਕਿਹਾ, “ਜੇ ਮੈਨੂੰ ਟਿਕਟ ਦੇਣੀ ਹੈ ਤਾਂ ਭਗਵੰਤ ਮਾਨ ਦੇ ਖ਼ਿਲਾਫ਼ ਦਿਓ, ਨਹੀਂ ਤਾਂ ਨਾ ਦਿਓ। ਮੈਂ ਉਨ੍ਹਾਂ ਦੇ ਖ਼ਿਲਾਫ਼ ਚੋਣ ਲੜਨ ਲਈ ਤਿਆਰ ਹਾਂ।” ਉਨ੍ਹਾਂ ਕਿਹਾ ਕਿ ਅੰਤਿਮ ਫ਼ੈਸਲਾ ਕਾਂਗਰਸ ਹਾਈਕਮਾਂਡ, ਮੱਲਿਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਵੱਲੋਂ ਲਿਆ ਜਾਵੇਗਾ। ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਕੁਝ ਕਾਂਗਰਸੀ ਆਗੂਆਂ ਨੇ ਸੁਝਾਅ ਦਿੱਤਾ ਸੀ ਕਿ ਰਾਜਾ ਵੜਿੰਗ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਚੋਣ ਲੜਨੀ ਚਾਹੀਦੀ ਹੈ। ਇਸ ‘ਤੇ ਵੜਿੰਗ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਸਿਆਸੀ ਮੁਕਾਬਲਾ ਭਗਵੰਤ ਮਾਨ ਨਾਲ ਹੈ ਅਤੇ ਉਹ ਉਸੇ ਮੁਕਾਬਲੇ ਲਈ ਤਿਆਰ ਹਨ। ਇਸ ਦੇ ਨਾਲ ਹੀ ਰਾਜਾ ਵੜਿੰਗ ਨੇ ਕਾਂਗਰਸ ਦੀ “ਹਰ ਬੂਥ ਕਾਂਗਰਸ ਮਜ਼ਬੂਤ” ਮੁਹਿੰਮ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਪਾਰਟੀ 2027 ਦੀਆਂ ਚੋਣਾਂ ਲਈ ਬੂਥ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਭਾਜਪਾ ‘ਤੇ ਵੀ ਨਿਸ਼ਾਨਾ ਸਾਧਿਆ। ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚਰਚਾ ਹੋਰ ਤੇਜ਼ ਹੋ ਗਈ ਹੈ, ਹਾਲਾਂਕਿ ਸੀਟਾਂ ਦੀ ਵੰਡ ਅਤੇ ਉਮੀਦਵਾਰਾਂ ਬਾਰੇ ਅੰਤਿਮ ਫ਼ੈਸਲੇ ਅਜੇ ਪਾਰਟੀਆਂ ਵੱਲੋਂ ਕੀਤੇ ਜਾਣੇ ਬਾਕੀ ਹਨ।

Leave a Comment