ਆਜ਼ਾਦੀ ਦਿਵਸ ਤੋਂ ਪਹਿਲਾਂ ਹੁਸ਼ਿਆਰਪੁਰ ਵਿੱਚ ਸੁਰੱਖਿਆ ਸਖ਼ਤ, ਪੁਲਿਸ ਦਾ ਵਿਸ਼ੇਸ਼ ਸਰਚ ਆਪ੍ਰੇਸ਼ਨ

ਹੁਸ਼ਿਆਰਪੁਰ 7 ਅਗਸਤ (ਰਾਮ ਸਿੰਘ ਅਜ਼ਾਦ) ਇੰਡੀਅਨ ਨਿਊਜ਼: ਆਉਣ ਵਾਲੇ ਆਜ਼ਾਦੀ ਦਿਵਸ ਨੂੰ ਧਿਆਨ ਵਿੱਚ ਰੱਖਦਿਆਂ ਹੁਸ਼ਿਆਰਪੁਰ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ। ਇਸ ਦੇ ਤਹਿਤ ਹੁਸ਼ਿਆਰਪੁਰ ਬੱਸ ਸਟੈਂਡ, ਰੇਲਵੇ ਸਟੇਸ਼ਨ, ਭੀੜ-ਭੜੱਕੇ ਵਾਲੇ ਬਾਜ਼ਾਰਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਸ਼ੱਕੀ ਵਿਅਕਤੀਆਂ, ਵਾਹਨਾਂ ਅਤੇ ਸਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਏਡੀਜੀਪੀ ਸ਼ਿਵ ਕੁਮਾਰ ਵਰਮਾ ਅਤੇ ਐੱਸਐੱਸਪੀ ਸੰਦੀਪ ਕੁਮਾਰ ਮਲਿਕ ਨੇ ਖੁਦ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਡਿਊਟੀ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਤਿਉਹਾਰਾਂ ਅਤੇ ਰਾਸ਼ਟਰੀ ਸਮਾਗਮਾਂ ਦੌਰਾਨ ਲੋਕਾਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ।

ਪੁਲਿਸ ਨੇ ਜ਼ਿਲ੍ਹੇ ਦੇ ਦਾਖ਼ਲੀ ਅਤੇ ਨਿਕਾਸੀ ਮਾਰਗਾਂ ‘ਤੇ ਨਾਕਾਬੰਦੀ ਵੀ ਵਧਾ ਦਿੱਤੀ ਹੈ। ਬੰਬ ਨਿਰੋਧਕ ਦਸਤੇ ਅਤੇ ਡੌਗ ਸਕੁਆਡ ਦੀ ਮਦਦ ਨਾਲ ਜਨਤਕ ਥਾਵਾਂ ਦੀ ਤਲਾਸ਼ੀ ਲਈ ਗਈ। ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਵਸਤੂ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਅਤੇ ਅਫ਼ਵਾਹਾਂ ਤੋਂ ਦੂਰ ਰਹਿ ਕੇ ਪ੍ਰਸ਼ਾਸਨ ਦਾ ਸਹਿਯੋਗ ਕੀਤਾ ਜਾਵੇ।

Leave a Comment