ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਚ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

Chief Minister Bhagwant Mann laid the foundation stone of Sri Guru Ravidass Bani Study Center in Jalandhar.

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ ‘ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ’ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ, ਬਾਲ ਨਾਥ ਆਸ਼ਰਮ ਦੇ ਸੰਤ ਪ੍ਰਗਟ ਨਾਥ ਜੀ, ਕਠਾਰ ਦੇ ਸੰਤ ਪਰਦੀਪ ਦਾਸ ਜੀ, ਸੰਤ ਤੇਜਾ ਸਿੰਘ ਜੀ, ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਸੰਤ ਲੇਖ ਰਾਜ ਜੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਜੀਵਨ, ਫਲਸਫ਼ੇ ਅਤੇ ਪਵਿੱਤਰ ਬਾਣੀ ਦੇ ਅਧਿਐਨ ਲਈ ਵੱਕਾਰੀ ਸੰਸਥਾ ਵਜੋਂ ਵਿਕਸਤ ਕੀਤਾ ਜਾ ਰਿਹਾ ਇਹ ਕੇਂਦਰ 10.4 ਏਕੜ ਰਕਬੇ ਵਿੱਚ ਬਣਾਇਆ ਜਾਵੇਗਾ। ਇਸ ਦੀ ਕੁੱਲ ਲਾਗਤ 37 ਕਰੋੜ ਰੁਪਏ ਆਵੇਗੀ, ਜਿਸ ਵਿੱਚੋਂ 11 ਕਰੋੜ ਰੁਪਏ ਜ਼ਮੀਨ ’ਤੇ ਅਤੇ 60 ਲੱਖ ਰੁਪਏ ਜ਼ਰੂਰੀ ਪ੍ਰਵਾਨਗੀਆਂ ’ਤੇ ਖ਼ਰਚ ਕੀਤੇ ਗਏ ਹਨ, ਜਦੋਂ ਕਿ ਇਸ ਦੀ ਉਸਾਰੀ ਲਈ ਲੋੜੀਂਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਉਠਾਇਆ ਜਾਵੇਗਾ।

ਇਸ ਕੇਂਦਰ ਵਿੱਚ ਇੱਕ ਤਿੰਨ-ਮੰਜ਼ਿਲਾ ਪ੍ਰਸ਼ਾਸਨਿਕ ਅਤੇ ਅਧਿਆਪਨ (ਐਡਮਿਨ ਤੇ ਟੀਚਿੰਗ) ਬਲਾਕ, ਲੜਕੇ ਅਤੇ ਲੜਕੀਆਂ ਲਈ ਤਿੰਨ-ਮੰਜ਼ਿਲਾ ਹੋਸਟਲ (ਹਰੇਕ ਹੋਸਟਲ ਵਿੱਚ 54 ਵਿਦਿਆਰਥੀਆਂ ਦੇ ਰਹਿਣ ਦੀ ਸਹੂਲਤ) ਅਤੇ ਅਧਿਆਪਕਾਂ ਅਤੇ ਸਟਾਫ਼ ਲਈ ਦੋ-ਮੰਜ਼ਿਲਾ ਇਮਾਰਤ ਹੋਵੇਗੀ। ਇਹ ਕੇਂਦਰ ਬੱਚਿਆਂ, ਵਿਦਿਆਰਥੀਆਂ ਅਤੇ ਖੋਜਾਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਬਾਣੀ, ਫ਼ਲਸਫ਼ੇ ਅਤੇ ਸਿੱਖਿਆਵਾਂ ਦਾ ਅਧਿਐਨ ਕਰਨ ਲਈ ਵਿਸ਼ੇਸ਼ ਸਥਾਨ ਪ੍ਰਦਾਨ ਕਰੇਗਾ ਅਤੇ ਅਜਿਹੀ ਖੋਜ ਨੂੰ ਉਤਸ਼ਾਹਿਤ ਕਰੇਗਾ ਜੋ ਉਨ੍ਹਾਂ ਦੇ ਗਿਆਨ ਅਤੇ ਸੰਦੇਸ਼ ਦੇ ਪ੍ਰਕਾਸ਼ ਨੂੰ ਦੁਨੀਆ ਭਰ ਵਿੱਚ ਫੈਲਾਏ।

 

ਇਹ ਨੀਂਹ ਪੱਥਰ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੇ ਹਿੱਸੇ ਵਜੋਂ ਰੱਖਿਆ ਗਿਆ ਹੈ, ਜਿਸ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਨ੍ਹਾਂ ਸਮਾਗਮਾਂ ਦੇ ਤਹਿਤ 50 ਮੋਬਾਈਲ ਵੈਨਾਂ ਸਾਰੇ 23 ਜ਼ਿਲ੍ਹਿਆਂ ਦੇ 13,000 ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ’ਤੇ ਡਾਕੂਮੈਂਟਰੀਆਂ ਦਿਖਾਉਣ ਲਈ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਦੇ ਬਰਾਬਰੀ, ਮਨੁੱਖਤਾ ਅਤੇ ਮਾਣ-ਸਤਿਕਾਰ ਦੇ ਸੰਦੇਸ਼ ਨੂੰ ਪੂਰੇ ਪੰਜਾਬ ਦੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ।

Leave a Comment