Problems of NRI Punjabis belonging to 7 districts heard during ‘NRI Meet-2026’ in Bathinda
ਪ੍ਰਾਪਰਟੀ ਵਿਵਾਦਾਂ, ਗੈਰ-ਕਾਨੂੰਨੀ ਕਬਜ਼ਿਆਂ ਅਤੇ ਵਿਆਹੁਤਾ ਮਾਮਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ- : ਡਾ. ਰਵਜੋਤ ਸਿੰਘ
ਬਠਿੰਡਾ, 26 ਅਗਸਤ 2026


ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਪੰਜਾਬੀ ਪ੍ਰਵਾਸੀਆਂ ਨਾਲ ਸਬੰਧਤ ਹਰ ਮਸਲੇ ਦਾ ਹੱਲ ਪੂਰੀ ਪਾਰਦਰਸ਼ਤਾ, ਮੈਰਿਟ ਅਤੇ ਮਿੱਥੇ ਸਮੇਂ ਅੰਦਰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਅਤੇ ਤੁਰੰਤ ਨਿਪਟਾਰੇ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਬਠਿੰਡਾ ਦੇ ਇਕ ਹੋਟਲ ਵਿਖੇ ਕਰਵਾਈ ਗਈ ‘ਐਨ.ਆਰ.ਆਈ. ਮਿਲਣੀ-2026’ ਦੌਰਾਨ ਪ੍ਰਵਾਸੀ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਵਿਸ਼ੇਸ਼ ਮਿਲਣੀ ਦਾ ਉਦੇਸ਼ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨਾਲ ਤੁਰੰਤ ਕਾਰਵਾਈ ਯਕੀਨੀ ਬਣਾਉਣਾ ਹੈ।
ਇਸ ਮਿਲਣੀ ਵਿੱਚ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮੋਗਾ, ਫਿਰੋਜਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਜਾਬੀਆਂ ਨੇ ਹਿੱਸਾ ਲਿਆ।

ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਦੇ ਸਕੱਤਰ ਸ਼੍ਰੀ ਮੁਹੰਮਦ ਤਾਇਅਬ, ਚੇਅਰਮੈਨ ਐਨ.ਆਰ.ਆਈ. ਸਭਾ ਪੰਜਾਬ ਅਤੇ ਡਿਵੀਜ਼ਨਲ ਕਮਿਸ਼ਨਰ ਜਲੰਧਰ ਸ਼੍ਰੀ ਰਾਮਵੀਰ, ਵਿਸ਼ੇਸ਼ ਸਕੱਤਰ ਐਨ.ਆਰ.ਆਈ. ਵਿਭਾਗ ਮੈਡਮ ਅਮਨਦੀਪ ਕੌਰ, ਬ੍ਰਿਟਿਸ਼ ਹਾਈ ਕਮਿਸ਼ਨਰ ਚੰਡੀਗੜ੍ਹ ਤੋਂ ਸ਼੍ਰੀ ਰਜਿੰਦਰ ਐੱਸ ਨਾਗਰਕੋਟੀ, ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਫ਼ਰੀਦਕੋਟ ਸ਼੍ਰੀ ਰਾਹੁਲ ਚਾਬਾ ਅਤੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀ ਆਪਣੀ ਮਿੱਟੀ, ਸੱਭਿਆਚਾਰ ਅਤੇ ਵਿਰਸੇ ਨਾਲ ਡੂੰਘਾ ਨਾਤਾ ਰੱਖਦੇ ਹਨ ਅਤੇ ਉਨ੍ਹਾਂ ਨੇ ਦੁਨੀਆ ਭਰ ਵਿੱਚ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਨ.ਆਰ.ਆਈਜ਼ ਨਾਲ ਸਬੰਧਤ ਹਰ ਮਾਮਲੇ ਦੀ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸੁਣਵਾਈ ਅਤੇ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ।
