ਚੰਡੀਗੜ੍ਹ/ਫਿਰੋਜ਼ਪੁਰ, 25 ਮਈ, ਇੰਡੀਅਨ ਨਿਊਜ਼ (ਰਾਮ ਸਿੰਘ ਅਜ਼ਾਦ)— ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਸਰਹੱਦ ਪਾਰ ਚੱਲ ਰਹੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ 28.12 ਕਿਲੋ ਹੈਰੋਇਨ ਅਤੇ 9.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ 4 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਬਗੀਚਾ ਸਿੰਘ, ਭੁਪਿੰਦਰ ਸਿੰਘ, ਸਾਜਨ ਅਤੇ ਛਿੰਦਰ ਪਾਲ ਸਿੰਘ ਉਰਫ਼ ਰਿੰਕੂ ਵਜੋਂ ਹੋਈ ਹੈ। ਇਹ ਸਾਰੇ ਫਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਰਹਿਣ ਵਾਲੇ ਹਨ। ਪੁਲਿਸ ਨੇ ਦੋਸ਼ੀਆਂ ਕੋਲੋਂ ਇੱਕ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਨਸ਼ੇ ਦੀ ਤਸਕਰੀ ਲਈ ਕੀਤੀ ਜਾ ਰਹੀ ਸੀ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਵਿਦੇਸ਼ ਵਿੱਚ ਬੈਠੇ ਤਸਕਰਾਂ ਅਤੇ ਹੈਂਡਲਰਾਂ ਨਾਲ ਜੁੜਿਆ ਹੋਇਆ ਸੀ। ਇਨ੍ਹਾਂ ਨੂੰ ਸਰਹੱਦ ਪਾਰ ਤੋਂ ਆਈ ਹੈਰੋਇਨ ਦੀ ਖੇਪ ਨੂੰ ਭਾਰਤ ਵਿੱਚ ਅੱਗੇ ਸਪਲਾਈ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ।
ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੇ ਏਆਈਜੀ ਗੁਰਸੇਵਕ ਸਿੰਘ ਮੁਤਾਬਕ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਸ਼ੀ ਕੁਝ ਦਿਨ ਪਹਿਲਾਂ ਸਰਹੱਦ ਪਾਰ ਤੋਂ ਆਈ ਨਸ਼ੇ ਦੀ ਖੇਪ ਹਾਸਲ ਕਰ ਚੁੱਕੇ ਹਨ ਅਤੇ ਹੁਣ ਉਸਨੂੰ ਅੱਗੇ ਪਹੁੰਚਾਉਣ ਜਾ ਰਹੇ ਹਨ। ਸੂਚਨਾ ਦੇ ਆਧਾਰ ’ਤੇ ਗੁਰੂਹਰਸਹਾਇ ਇਲਾਕੇ ਵਿੱਚ ਨਾਕਾਬੰਦੀ ਕਰਕੇ ਕਾਰਵਾਈ ਕੀਤੀ ਗਈ।
ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਇਸ ਤਸਕਰੀ ਦੇ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ ਗਿਆ ਸੀ। ਮਾਮਲੇ ਸਬੰਧੀ NDPS ਐਕਟ ਤਹਿਤ ਕੇਸ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।