
INDIAN NEWS ਹੈਲਥ /ਚੰਡੀਗੜ੍ਹ
ਪੰਜਾਬ ਵਿੱਚ ਲਗਾਤਾਰ ਪੈ ਰਹੀ ਭਿਆਨਕ ਗਰਮੀ ਨੇ ਲੋਕਾਂ ਦੀ ਜ਼ਿੰਦਗੀ ਮੁਸ਼ਕਲ ਬਣਾ ਦਿੱਤੀ ਹੈ। ਅਸਮਾਨ ਤੋਂ ਵਰ੍ਹ ਰਹੀ ਅੱਗ ਵਰਗੀ ਤਪਸ਼ ਕਾਰਨ ਪੱਖੇ, ਕੂਲਰ ਅਤੇ ਕਈ ਥਾਵਾਂ ‘ਤੇ ਏਸੀ ਵੀ ਪੂਰੀ ਰਾਹਤ ਨਹੀਂ ਦੇ ਰਹੇ। ਸਵੇਰੇ 9 ਵਜੇ ਤੋਂ ਬਾਅਦ ਹੀ ਤਿੱਖੀ ਧੁੱਪ ਦਾ ਅਸਰ ਸ਼ੁਰੂ ਹੋ ਜਾਂਦਾ ਹੈ ਅਤੇ ਦੁਪਹਿਰ ਤੱਕ ਸ਼ਹਿਰਾਂ ਦੀਆਂ ਰੁਸ਼ ਵਾਲੀਆਂ ਸੜਕਾਂ ਵੀ ਸੁੰਨੀਆਂ ਨਜ਼ਰ ਆਉਂਦੀਆਂ ਹਨ।
ਲੋਕ ਲੂ ਤੋਂ ਬਚਣ ਲਈ ਦੁਪਹਿਰ ਵੇਲੇ ਘਰਾਂ ਤੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰ ਰਹੇ ਹਨ। ਜਿਹੜੇ ਲੋਕ ਜ਼ਰੂਰੀ ਕੰਮਾਂ ਲਈ ਬਾਹਰ ਨਿਕਲ ਰਹੇ ਹਨ, ਉਹ ਆਪਣੇ ਸਰੀਰ ਨੂੰ ਸੁਤੀ ਕੱਪੜਿਆਂ ਨਾਲ ਢੱਕ ਕੇ ਹੀ ਘਰੋਂ ਨਿਕਲ ਰਹੇ ਹਨ।
ਮੌਸਮ ਵਿਭਾਗ ਵੱਲੋਂ 27 ਮਈ ਲਈ Severe Heatwave ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਆਰੈਂਜ ਅਲਰਟ ਦੀ ਚੇਤਾਵਨੀ ਵੀ ਦਿੱਤੀ ਗਈ ਹੈ। ਵਿਭਾਗ ਅਨੁਸਾਰ ਮੋਹਾਲੀ, ਪਟਿਆਲਾ, ਲੁਧਿਆਣਾ, ਬਠਿੰਡਾ, ਮਾਨਸਾ ਅਤੇ ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਿਆਨਕ ਲੂ ਚੱਲਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ ਸਮੇਂ ਤਿੱਖੀ ਧੁੱਪ ਅਤੇ ਗਰਮ ਹਵਾਵਾਂ ਤੋਂ ਬਚਣ ਦੀ ਸਲਾਹ ਦਿੱਤੀ ਹੈ। ਹਾਲਾਂਕਿ 28 ਅਤੇ 29 ਮਈ ਨੂੰ ਤੇਜ਼ ਹਵਾਵਾਂ, ਗਰਜ-ਚਮਕ ਅਤੇ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।
ਵਿਭਾਗ ਦੇ ਅਨੁਮਾਨ ਮੁਤਾਬਕ 29 ਅਤੇ 30 ਮਈ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ 6 ਤੋਂ 8 ਡਿਗਰੀ ਸੈਲਸੀਅਸ ਤੱਕ ਗਿਰਾਵਟ ਆ ਸਕਦੀ ਹੈ, ਜਿਸ ਨਾਲ ਪੰਜਾਬ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲਣ ਦੀ ਉਮੀਦ ਹੈ।
