ਅੰਮ੍ਰਿਤਸਰ ਵਿੱਚ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੇ ਲਾਪਤਾ ਹੋਣ ਦੇ ਪੋਸਟਰ ਲਗਾਏ ਗਏ ਹਨ। ਪੁਲਿਸ ਨੇ ਮਜੀਠਾ ਥਾਣੇ ਵਿੱਚ ਇੱਕ ਅਕਾਲੀ ਵਰਕਰ ਨੂੰ ਪੁਲਿਸ ਹਿਰਾਸਤ ਵਿੱਚੋਂ ਛੁਡਾਉਣ ਦੇ ਇਲਜ਼ਾਮ ਹੇਠ ਮਜੀਠੀਆ ਅਤੇ 50 ਤੋਂ ਵੱਧ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਸੋਮਵਾਰ ਨੂੰ ਭਾਰੀ ਪੁਲਿਸ ਫੋਰਸ ਮਜੀਠੀਆ ਦੇ ਗ੍ਰੀਨ ਐਵੇਨਿਊ ਸਥਿਤ ਘਰ ਪਹੁੰਚੀ ਅਤੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ। ਹਾਲਾਂਕਿ, ਉਸ ਸਮੇਂ ਘਰ ਵਿੱਚ ਕੋਈ ਨਹੀਂ ਮਿਲਿਆ। ਸੂਚਨਾ ਮਿਲਣ ‘ਤੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਵੀ ਮੌਕੇ ‘ਤੇ ਪਹੁੰਚ ਗਏ। ਬਾਅਦ ਵਿੱਚ, ਪੁਲਿਸ ਟੀਮ ਖਾਲੀ ਹੱਥ ਵਾਪਸ ਪਰਤ ਗਈ। ਇਸ ਤੋਂ ਇਲਾਵਾ ਪੁਲਿਸ ਨੇ ਮਜੀਠਾ, ਚੰਡੀਗੜ੍ਹ ਅਤੇ ਹੋਰ ਥਾਵਾਂ ‘ਤੇ ਵੀ ਛਾਪੇਮਾਰੀ ਕੀਤੀ।
ਲੁੱਕਆਊਟ ਸਰਕੂਲਰ ਜਾਰੀ
ਇਸ ਤੋਂ ਬਾਅਦ,ਪੰਜਾਬ ਪੁਲਿਸ ਨੇ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਹੈ। ਇਸ ਤੋਂ ਬਾਅਦ ਮਜੀਠੀਆ ਸਬੰਧਤ ਏਜੰਸੀਆਂ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਛੱਡ ਕੇ ਨਹੀਂ ਜਾ ਸਕਣਗੇ।
ਮਿਲੀ ਜਾਣਕਾਰੀ ਮੁਤਾਬਕ, LOC ਜਾਰੀ ਹੋਣ ਤੋਂ ਬਾਅਦ ਦੇਸ਼ ਭਰ ਦੇ ਸਾਰੇ ਅੰਤਰਰਾਸ਼ਟਰੀ ਹਵਾਈ ਅੱਡਿਆਂ ਅਤੇ ਇਮੀਗ੍ਰੇਸ਼ਨ ਚੈਕ ਪੋਸਟ ‘ਤੇ ਮਜੀਠੀਆ ਸੰਬੰਧੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜੇਕਰ ਉਹ ਵਿਦੇਸ਼ ਜਾਣ ਦੀ ਕੋਸ਼ਿਸ਼ ਕਰਦੇ ਹਨ ਤਾਂ ਸਬੰਧਤ ਏਜੰਸੀਆਂ ਨੂੰ ਤੁਰੰਤ ਸੂਚਿਤ ਕੀਤਾ ਜਾਵੇਗਾ ਅਤੇ ਕਾਨੂੰਨੀ ਪ੍ਰਕਿਰਿਆ ਤਹਿਤ ਕਾਰਵਾਈ ਕੀਤੀ ਜਾਵੇਗੀ।
